ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 29 ਜੂਨ
ਇੱਥੋਂ ਦੇ ਇੰਡਸਟਰੀਅਲ ਏਰੀਆ ਫੇਜ਼-1 ਵਿੱਚ ਤੇਜ਼ ਰਫਤਾਰ ਵਾਹਨ ਦੀ ਫੇਟ ਵੱਜਣ ਕਾਰਨ ਸਾਈਕਲ ਸਵਾਰ ਇਕ ਵਿਅਕਤੀ ਦੀ ਮੌਤ ਹੋ ਗਈ ਜਦਕਿ ਇਕ ਜ਼ਖ਼ਮੀ ਹੋ ਗਿਆ। ਇਸ ਬਾਰੇ ਜਾਣਕਾਰੀ ਮਿਲਦੇ ਹੀ ਥਾਣਾ ਇੰਡਸਟਰੀਅਲ ਏਰੀਆ ਦੀ ਪੁਲੀਸ ਨੇ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਹ ਕੇਸ ਅਨੂਪ ਕੁਮਾਰ ਵਾਸੀ ਮੌਲੀ ਜੱਗਰਾਂ ਦੀ ਸ਼ਿਕਾਇਤ ‘ਤੇ ਦਰਜ ਕੀਤਾ ਹੈ। ਸ਼ਿਕਾਇਤਕਰਤਾ ਦਾ ਕਹਿਣਾ ਹੈ ਕਿ ਉਸ ਦੇ ਦੋਸਤ ਵਿਸ਼ਾਲ ਤੇ ਆਕਾਸ਼ ਸਾਈਕਲ ‘ਤੇ ਸਵਾਰ ਹੋ ਕੇ ਜਾ ਰਹੇ ਸਨ, ਜਦੋਂ ਕਿ ਉਹ ਇੰਡਸਟਰੀਅਲ ਏਰੀਆ ਵਿੱਚੋਂ ਲੰਘ ਰਹੇ ਸੀ ਤਾਂ ਇਕ ਤੇਜ਼ ਰਫਤਾਰ ਵਾਹਨ ਸਾਈਕਲ ‘ਚ ਟੱਕਰ ਮਾਰ ਕੇ ਫਰਾਰ ਹੋ ਗਿਆ। ਇਸ ਤੋਂ ਬਾਅਦ ਦੋਵਾਂ ਪੀੜਤਾਂ ਨੂੰ ਸੈਕਟਰ-32 ਦੇ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ। ਹਸਪਤਾਲ ਵਿੱਚ ਇਲਾਜ ਦੌਰਾਨ ਵਿਸ਼ਾਲ ਦੀ ਮੌਤ ਹੋ ਗਈ, ਜਦੋਂ ਕਿ ਆਕਾਸ਼ ਦਾ ਇਲਾਜ ਜਾਰੀ ਹੈ।